ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਦਿੱਲੀ ਦੇ ਗੁਰਦੁਆਰਾ ਸ੍ਰੀ ਨਾਨਕ ਪਿਆਉ ਤੋਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਲਈ ਸਜਾਏ ਗਏ ਨਗਰ ਕੀਰਤਨ ਦਾ ਅੱਜ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੀ ਤਰਫ਼ੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਹਜ਼ਾਰਾਂ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸੁਲਤਾਨਪੁਰ ਲੋਧੀ ਵਿਖੇ ਸੰਗਤ ਵੱਲੋਂ ਸੁੰਦਰ ਪਾਲਕੀ ਸਾਹਿਬ ਵਿੱਚ ਸਸ਼ੋਭਿਤ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ’ਚ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਬਾਰੇ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਇਸ ਨਗਰ ਕੀਰਤਨ ‘ਚ ਪਾਲਕੀ ਸਾਹਿਬ ਦੇ ਨਾਲ 60 ਬੱਸਾਂ ਤੇ 300 ਦੇ ਕਰੀਬ ਕਾਰਾਂ ਵਿੱਚ ਸ਼ਾਮਲ ਹਨ। ਨਗਰ ਕੀਰਤਨ ਦੇ ਸਵਾਗਤ ਲਈ ਸਜਾਵਟੀ ਗੇਟ ਸਮੇਤ ਲੰਗਰ ਆਦਿ ਦੇ ਹੋਰ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਸਨ। ਸੁੰਦਰ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਦਿਆਂ ਭਾਰੀ ਉਤਸ਼ਾਹ ਨਾਲ ਜੈਕਾਰੇ ਲਗਾਉਂਦੀ ਹੋਈ ਸੰਗਤ ਦਾ ਜੋਸ਼ ਦੇਖਿਆਂ ਹੀ ਬਣਦਾ ਸੀ। ਢਾਡੀ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਦੋਂ ਕਿ ਵੱਖ-ਵੱਖ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ।