ਪੰਜਾਬ ਮੰਤਰੀ ਮੰਡਲ ਨੇ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇਨ੍ਹਾਂ ਅਦਾਰਿਆਂ ਵਿੱਚ 550 ਅਸਾਮੀਆਂ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਅਸਾਮੀਆਂ ਮੈਡੀਕਲ ਮਸ਼ੀਨਰੀ, ਉਪਕਰਣ ਅਤੇ ਬੁਨਿਆਦੀ ਢਾਂਚੇ ਦੀ ਵਰਤੋਂ ਵਿੱਚ ਸਹਾਈ ਹੋਣਗੀਆਂ ਅਤੇ ਸਟਾਫ ਦੀ ਘਾਟ ਨੂੰ ਵੀ ਪੂਰਾ ਕਰਨਗੀਆਂ ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ
ਕਿ ਇਨ੍ਹਾਂ ਨਵੀਆਂ ਅਸਾਮੀਆਂ ਵਿਚ ਤਕਨੀਕੀ ਪੈਰਾ ਮੈਡੀਕਲ ਦੀਆਂ 66, ਨਰਸਾਂ, ਟੈਕਨੀਸ਼ੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ 464 ਅਸਾਮੀਆਂ ਅਤੇ ਵੀਡੀਆਰਐਲ/ਐਮਆਰਯੂ ਲੈਬ ਪ੍ਰਾਜੈਕਟਾਂ ਦੀਆਂ 20 ਅਸਾਮੀਆਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਆਪਣੀ ਪੁਨਰ ਗਠਨ ਯੋਜਨਾ ਤਹਿਤ ਪਹਿਲਾਂ ਤੋਂ ਮਨਜ਼ੂਰਸੁਦਾ 9 ਅਸਾਮੀਆਂ ਨੂੰ ਪੁਨਰ-ਸੁਰਜੀਤ ਕਰਨ ਦੇ ਨਾਲ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਡਾਇਰੈਕਟੋਰੇਟ ਵਿਚ ਪੰਜ ਨਵੀਆਂ ਅਸਾਮੀਆਂ ਬਣਾਉਣ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।