ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਚੰਗੇ ਬੰਦੇ ਦਾ ਪਾਰਟੀ ਵਿੱਚ ਸਵਾਗਤ ਹੈ ਪਰ ਨਵਜੋਤ ਸਿੱਧੂ ਨੂੰ ‘ਆਪ’ ਵਿਚ ਸ਼ਾਮਲ ਕਰਨ ਲਈ ਪਾਰਟੀ ਨੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਖੁਸ਼ ਹੋਏ ‘ਆਪ’ ਆਗੂਆਂ ਨੇ ਪਾਰਟੀ ਦਾ ਮੈਂਬਰ ਬਣਨ ਲਈ ਕੌਮੀ ਪੱਧਰ ’ਤੇ ਇਕ ਮੋਬਾਈਲ ਨੰਬਰ 9871010101 ਜਾਰੀ ਕੀਤਾ, ਜਿਸ ’ਤੇ ਮਿਸਡ ਕਾਲ ਕਰਨ ਨਾਲ ਵਿਅਕਤੀ ‘ਆਪ’ ਨਾਲ ਜੁੜ ਜਾਵੇਗਾ। ਅੱਜ ਬੁੱਧਵਾਰ ਤੋਂ ਸ਼ੁਰੂ ਕੀਤੀ ਮੈਂਬਰਸ਼ਿਪ 23 ਮਾਰਚ ਤੱਕ ਚੱਲੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਦਾ ਮਸਲਾ ਨਹੀਂ ਹੈ, ਪੰਜਾਬ ਦੇ ਹੋਰ ਵਡੇਰੇ ਮਸਲੇ ਹਨ।
ਪੰਜਾਬ ਵਿਚ ਬਿਜਲੀ, ਕਿਸਾਨਾਂ ਦੀਆਂ ਖੁਦਕੁਸ਼ੀਆਂ, ਸਿੱਖਿਆ ਤੇ ਸਿਹਤ ਖੇਤਰ ਵਿੱਚ ਸੁਧਾਰ ਸਮੇਤ ਕਈ ਹੋਰ ਮਸਲੇ ਹਨ, ਜਿਨ੍ਹਾਂ ਨੂੰ ਹੱਲ ਕੀਤੇ ਜਾਣ ਦੀ ਲੋੜ ਹੈ। ਖੁਦ ਮੁੱਖ ਮੰਤਰੀ ਬਣਨ ਦੇ ਇਛੁੱਕ ਹੋਣ ਦੇ ਸਵਾਲ ਨੂੰ ਟਾਲਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਜੇਕਰ ਪੋਸਟਰ ਲਗਾਉਣ ਦੀ ਡਿਊਟੀ ਲਾਏਗੀ ਤਾਂ ਉਹ ਪੋਸਟਰ ਵੀ ਲਾਉਣਗੇ। ਉਨ੍ਹਾਂ ਕਿਹਾ ਕਿ ਵਿਅਕਤੀ ਵਿਸ਼ੇਸ਼ ਨਾਲੋਂ ਪਾਰਟੀ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਗ਼ ਲ ਤੀ ਆਂ ਵਿਚ ਸੁਧਾਰ ਕੀਤਾ ਜਾਵੇਗਾ। ਵਿਧਾਇਕ ਸੁਖਪਾਲ ਖਹਿਰਾ, ਕੰਵਰ ਸੰਧੂ ਅਤੇ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿੱਚ ਵਾਪਸ ਲੈਣ ਸਬੰਧੀ ਉਨ੍ਹਾਂ ਕਿਹਾ ਕਿ ਉਕਤ ਆਗੂਆਂ ਨੇ ਵੱਖਰੀ ਪਾਰਟੀ ਬਣਾ ਕੇ ਲੋਕ ਸਭਾ ਚੋਣ ਲੜੀ ਸੀ ਤੇ ਜੋ ਹ ਸ਼ ਰ ਹੋਇਆ ਉਹ ਸਭ ਦੇ ਸਾਹਮਣੇ ਹੈ।