ਪੰਜਾਬ 'ਚ ਮੌਸਮ ਇੱਕ ਵਾਰ ਫਿਰ ਵਿਗੜ ਗਿਆ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਤੇ ਬੱਦਲਵਾਈ ਵੇਖਣ ਨੂੰ ਮਿਲੀ। ਮੌਸਮ ਵਿਭਾਗ ਦੀਆਂ ਭਵਿੱਖਬਾਣੀਆਂ ਮੁਤਾਬਕ ਅਗਲੇ ਇੱਕ-ਦੋ ਦਿਨਾਂ ਤੱਕ ਮੌਸਮ ਖਰਾਬ ਰਹੇਗਾ। ਡਾ. ਪ੍ਰਭਜੋਤ ਕੌਰ ਗਿੱਲ ਨੇ ਕਿਹਾ ਹੈ ਕਿ ਹਾਲਾਂਕਿ ਇਹ ਮੀਂਹ ਫਸਲਾਂ ਲਈ ਬਹੁਤਾ ਨੁਕਸਾਨ ਦਾਇਕ ਨਹੀਂ ਕਿਉਂਕਿ ਕਣਕ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ। ਅਜਿਹੇ 'ਚ ਜੇਕਰ ਹਲਕਾ ਤੇ ਦਰਮਿਆਨਾ ਮੀਂਹ ਪੈਂਦਾ ਹੈ ਤਾਂ ਉਹ ਕਣਕ ਦੀ ਫਸਲ ਲਈ ਲਾਹੇਵੰਦ ਹੀ ਸਾਬਤ ਹੋਵੇਗਾ। ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਇਸ ਮੀਂਹ ਦੇ ਨਾਲ ਪਾਰੇ 'ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।
ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਹੈ ਕਿ 48 ਘੰਟਿਆਂ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਈ ਥਾਂ ਦਰਮਿਆਨੀ ਤੇ ਕਈ ਥਾਂ ਹਲਕੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ।