ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਕਸਰ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਇਸ ਵਾਰ ਉਹ ਆਪਣੇ ਟਵਿੱਟਰ ਹੈਂਡਲ ’ਤੇ ਸਿੱਧੂ ਮੂਸੇਵਾਲਾ ਦਾ ਵਿਵਾਦਤ ਗੀਤ ਸ਼ੇਅਰ ਕਰਕੇ ਚਰਚਾ ਵਿੱਚ ਹਨ। ਲੋਕ ਪੁਲੀਸ ਮੁਖੀ ਦੀ ਆਲੋਚਨਾ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਇਸ ਬਾਰੇ ਤਿੱਖੀਆਂ ਟਿੱਪਣੀਆਂ ਕੀਤੀਆਂ ਆ ਰਹੀਆਂ ਹਨ।ਲੋਕਾਂ ਦਾ ਕਹਿਣਾ ਹੈ ਕਿ ਨਵੇਂ ਗਾਣੇ ਵਿੱਚ ਸਿੱਧੂ ਮੂਸੇਵਾਲਾ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਕਰੋਨਾਵਾਇਰਸ ਲਿਆਉਣ ਵਾਲੇ ਗਰਦਾਨ ਰਿਹਾ ਹੈ।
ਇਸ ਲਈ ਪੰਜਾਬ ਦੇ ਲੋਕਾਂ ਤੇ ਐਨਆਰਆਈਜ਼ ਵਿੱਚ ਦੁਫੇੜ ਵਧਾਉਣ ਵਾਲੇ ਇਸ ਗੀਤ ਦੇ ਨਤੀਜੇ ਪੁੱਠੇ ਨਿਕਲਣਗੇ। ਸ਼੍ਰੋਮਣੀ ਅਕਾਲੀ ਦਲ ਨੇ ਇਸ ਪ੍ਰਚਾਰ ਨੂੰ ਗੁਮਰਾਹਕੁਨ ਦੱਸਿਆ ਹੈ।ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਾਮਲੇ ’ਚ ਦਖ਼ਲ ਦੇ ਕੇ ਅੰਮ੍ਰਿਤਧਾਰੀ ਸਿੱਖ ਨੂੰ ਕਰੋਨਾਵਾਇਰਸ ਦੇ ਪ੍ਰਤੀਕ ਵਜੋਂ ਪੇਸ਼ ਕਰਨ ਵਾਲੇ ਗਾਇਕ ਸਿੱਧੂ ਮੂਸੇਵਾਲਾ ਨੂੰ ਤਲਬ ਕਰਨ ਦੀ ਮੰਗ ਉੱਠਣ ਲੱਗੀ ਹੈ। ਦਰਅਸਲ ਪੰਜਾਬ ਵਿੱਚ ਫੈਲੇ ਕਰੋਨਾਵਾਇਰਸ ਲਈ ਬੰਗਾ ਨੇੜਲੇ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।