ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਫਿਊ ਦੀਆਂ ਬੰਦਸ਼ਾਂ ਸਖਤੀ ਨਾਲ 14 ਅਪਰੈਲ ਤੱਕ ਜਾਰੀ ਰਹਿਣਗੀਆਂ ਅਤੇ ਇਸ ਤੋਂ ਬਾਅਦ ਸੂਬਾ ਸਰਕਾਰ ਅਗਲਾ ਫੈਸਲਾ ਭਾਰਤ ਸਰਕਾਰ ਵੱਲੋਂ ਲਏ ਜਾਣ ਵਾਲੇ ਅਗਲੇ ਫੈਸਲੇ ਦੇ ਹਿਸਾਬ ਨਾਲ ਕਰੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਦਾ ਇਕੋ ਇਕ ਉਪਾਅ ਲੌਕਡਾਊਨ ਹੀ ਹੈ। ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਲਈ ਵਿਸ਼ੇਸ਼ ਏਕਾਂਤਵਾਸ ਸਹੂਲਤ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਮੁਹੱਈਆ ਕਰਾਉਣ ਦੇ ਆਦੇਸ਼ ਦਿੱਤੇ ਅਤੇ ਡੀ.ਜੀ.ਪੀ. ਨੂੰ ਹਦਾਇਤ ਕੀਤੀ ਕਿ ਉਹ ਵਾਰੀ ਸਿਰ ਅਨੁਸਾਰ ਕਰਮਚਾਰੀਆਂ ਨੂੰ ਤਾਇਨਾਤ ਕਰਨ।
ਉਨ੍ਹਾਂ ਨੇ ਲੋੜ ਪੈਣ 'ਤੇ ਹੋਮ ਗਾਰਡ ਅਤੇ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਵੀ ਇਸ ਕਾਰਜ ਵਿੱਚ ਲਗਾਉਣ ਲਈ ਉਨ੍ਹਾਂ ਨੂੰ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਸ ਔਖੇ ਸਮੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ, ਕਿਉਂਕਿ ਡੀਜੀਪੀ ਨੇ ਮੀਟਿੰਗ ਨੂੰ ਦੱਸਿਆ ਕਿ ਗੈਰ ਸਰਕਾਰੀ ਸੰਗਠਨਾਂ ਅਤੇ ਸਮਾਜਿਕ/ਧਾਰਮਿਕ ਸੰਗਠਨਾਂ ਦੇ ਸਹਿਯੋਗ ਨਾਲ ਪੁਲਿਸ ਫੋਰਸ ਨੇ ਸੂਬੇ ਵਿਚ ਕਰਫਿਊ ਦੌਰਾਨ ਪਿਛਲੇ ਪੰਜ ਦਿਨਾਂ ਵਿੱਚ 1.28 ਕਰੋੜ ਤੋਂ ਵੱਧ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਇਆ ਹੈ। ਇਸ ਤੋਂ ਇਲਾਵਾ ਖੇਤਰ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ 5 ਲੱਖ ਤੋਂ ਵੱਧ ਸੁੱਕੇ ਰਾਸ਼ਨ ਦੇ ਪੈਕਟਾਂ (ਘੱਟੋ ਘੱਟ 3-4 ਦਿਨਾਂ ਲਈ 4 ਵਿਅਕਤੀਆਂ ਦੇ ਪਰਿਵਾਰ ਲਈ ਕਾਫੀ ਹਨ) ਦੀ ਸਪਲਾਈ ਕੀਤੀ ਅਤੇ ਸੂਬੇ ਭਰ ਵਿਚ 8.22 ਲੱਖ ਲੋਕਾਂ ਨੂੰ ਪਕਾਇਆ ਖਾਣਾ ਮਹੁੱਈਆ ਕਰਵਾਇਆ।