ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਲ 2022 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਿਰ ਲੜਨਗੇ। ਇਸ ਗੱਲ ਦਾ ਖੁਲਾਸਾ ਖੁਦ ਕੈਪਟਨ ਨੇ ਅੱਜ ਚੰਡੀਗੜ੍ਹ ਵਿੱਚ ਕੀਤਾ। ਇਸ ਦੇ ਨਾਲ ਹੀ ਕੈਪਟਨ ਦੇ ਰਟਾਇਰ ਹੋਣ ਦੀ ਚਰਚਾ ਦਾ ਭੋ ਗ ਪੈ ਗਿਆ ਹੈ ਤੇ ਕਈ ਸੀਨੀਅਰ ਕਾਂਗਰਸੀ ਲੀਡਰਾਂ ਦੇ ਸੁਫਨੇ ਵੀ ਚਰਨਾ-ਚੂਰ ਹੋ ਗਏ ਹਨ। ਉਂਝ ਕੈਪਟਨ ਨੇ ਪਿਛਲੀਆਂ ਚੋਣਾਂ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਪੰਜਾਬ ਸਰਕਾਰ ਦੇ ਸਮਾਗਮ ਵਿੱਚ ਪਹਿਲਾਂ ਕੈਪਟਨ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਸਾਹਮਣੇ ਰੱਖੀਆਂ। ਉਸ ਤੋਂ ਬਾਅਦ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਆਪਣੇ ਵਿਭਾਗ ਦੀਆਂ ਉਪਲੱਬਧੀਆਂ ਦੇ ਕਸੀਦੇ ਪੜ੍ਹੇ।
ਬਾਅਦ ਵਿੱਚ ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ ਤੇ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਵਿਭਾਗ ਦੀਆਂ ਉਪਲੱਬਧੀਆਂ ਪੱਤਰਕਾਰਾਂ ਸਾਹਮਣੇ ਰੱਖੀਆਂ। ਦਰਅਸਲ ਅੱਜ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਤਿੰਨ ਸਾਲ ਪੂਰੇ ਹੋਏ ਹਨ। 17 ਮਾਰਚ, 2017 ਦੇ ਦਿਨ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਆਪਣੀ ਕਮਾਨ ਸੰਭਾਲੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਸਰਕਾਰ ਦੇ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਿਰ ਲੜਨਗੇ।