ਪਰਵਾਸੀ ਮਜ਼ਦੂਰਾਂ ਦੀ ਸਮੱਸਿਆ ਨੂੰ ਹੱਲ ਕਰਨ ਤੇ ਕੋਰੋਨਾਵਾਇਰਸ ਸੰਕਟ ਦੌਰਾਨ ਸੂਬੇ 'ਚ ਮਜ਼ਦੂਰਾਂ ਦੇ ਕੂਚ ਨੂੰ ਰੋਕਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀਆਂ ਸਾਰੀਆਂ ਸਨਅਤੀ ਇਕਾਈਆਂ ਤੇ ਇੱਟਾਂ ਦੇ ਭੱਠਿਆਂ ਨੂੰ ਕਿਹਾ ਹੈ ਕਿ ਜੇ ਉਨ੍ਹਾਂ ਕੋਲ ਲੋੜੀਂਦੇ ਪ੍ਰਬੰਧ ਹਨ ਤਾਂ ਉਹ ਅਜਿਹੇ ਪਰਵਾਸੀ ਮਜ਼ਦੂਰਾਂ ਨਾਲ ਕੰਮ ਸ਼ੁਰੂ ਕਰ ਸਕਦੇ ਹਨ ਪਰ ਉਨ੍ਹਾਂ ਦਾ ਸੁਰੱਖਿਅਤ ਢੰਗ ਨਾਲ ਪ੍ਰਵਾਸ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਤੇ ਇੱਟਾਂ ਦੇ ਭੱਠਿਆਂ ਦੇ ਮਾਲਕ ਉਤਪਾਦਨ ਸ਼ੁਰੂ ਕਰ ਸਕਦੇ ਹਨ ਜੇ ਉਨ੍ਹਾਂ ਕੋਲ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਹੋਵੇ ਅਤੇ ਉਨ੍ਹਾਂ ਨੂੰ ਭੋਜਨ ਵੀ ਮੁਹੱਈਆ ਕਰਵਾਇਆ ਜਾਵੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਮਜ਼ਦੂਰਾਂ ਦੀ ਸਮਾਜਿਕ ਦੂਰੀ, ਹੈਂਡ ਸੈਨੇਟਾਇਜ਼ਰ, ਸਾਬਣ ਤੇ ਲੋੜੀਂਦੇ ਪਾਣੀ ਦਾ ਪ੍ਰਬੰਧ ਕਰਨ ਨੂੰ ਵੀ ਕਿਹਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਧਾ ਸੁਆਮੀ ਸਤਿਸੰਗ ਬਿਆਸ ਨਾਲ ਵੀ ਵਿਚਾਰ ਵਟਾਂਦਰਾ ਕਰ ਰਹੀ ਹੈ। ਜੋ ਪਹਿਲਾਂ ਹੀ ਆਪਣੇ ਭਵਨਾਂ ਨੂੰ ਵੱਖ-ਵੱਖ ਸਹੂਲਤਾਂ ਵਜੋਂ ਪੇਸ਼ ਕਰ ਚੁੱਕੇ ਹਨ। ਸਰਕਾਰ ਪ੍ਰਵਾਸੀ ਮਜ਼ਦੂਰਾਂ ਨੂੰ ਉਥੇ ਹੀ ਰੱਖਣ ਬਾਰੇ ਸੋਚ ਰਹੀ ਹੈ, ਕਿਉਂਕਿ ਇਨ੍ਹਾਂ ਲੋਕਾਂ ਦੀ ਦੋ ਹਫ਼ਤਿਆਂ ਤੱਕ ਖੇਤਾਂ ਵਿੱਚ ਕਣਕ ਦੀ ਕਟਾਈ ਲਈ ਲੋੜ ਪਵੇਗੀ।