ਬੀਤੇ ਦਿਨੀਂ ਮਾਮਲਾ ਸਾਹਮਣੇ ਆਇਆ ਸੀ ਕਿ ਜਲੰਧਰ ਦੇ ਕੋਰੋਨਾ ਮਰੀਜ਼ ਵੱਲੋਂ ਲੁਧਿਆਣਾ ਵਿੱਚ ਪ੍ਰਾਈਵੇਟ ਹਸਪਤਾਲ 'ਚ ਇਲਾਜ ਕਰਾਉਣ 'ਤੇ ਕਰੀਬ 7 ਲੱਖ ਦਾ ਬਿੱਲ ਆਇਆ ਸੀ। ਅਜਿਹੇ 'ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਤੇ ਪੱਤਰ ਲਿਖ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਕੋਰੋਨਾ ਮਰੀਜ਼ਾਂ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ 'ਚ ਵੀ ਮੁਫ਼ਤ ਕਰਵਾਉਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਕੁਝ ਪ੍ਰਾਈਵੇਟ ਹਸਪਤਾਲਾਂ ਤੋਂ ਉਨ੍ਹਾਂ ਨੂੰ ਲਗਾਤਾਰ ਵੀ ਸ਼ਿਕਾਇਤ ਮਿਲ ਰਹੀ ਹੈ ਕਿ ਡਾਕਟਰ ਜੂਨੀਅਰ ਸਟਾਫ ਨੂੰ ਹੀ ਕਰੋਨਾ ਵਾਰਡ 'ਚ ਭੇਜ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਰੈਗੂਲਰ ਇਲਾਜ ਲਈ ਆਉਂਦੇ ਹਨ, ਉਨ੍ਹਾਂ ਨਾਲ ਵੀ ਸਹੀ ਸਲੂਕ ਨਹੀਂ ਹੋ ਰਿਹਾ। ਇਸ ਕਰਕੇ ਡਾਕਟਰਾਂ 'ਤੇ ਨਜ਼ਰ ਬਣਾਈ ਰੱਖਣੀ ਚਾਹੀਦੀ ਹੈ। ਬੈਂਸ ਨੇ ਕਿਹਾ ਕਿ ਭਾਰਤ ਨੂੰ ਵੀ ਇਜ਼ਰਾਈਲ ਦੀ ਤਰਜ਼ 'ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਕੋਰੋਨਾ ਮਰੀਜ਼ਾਂ ਤੋਂ ਮਨਮਰਜ਼ੀ ਦੇ ਪੈਸੇ ਵਸੂਲ ਰਹੇ ਹਨ ਜਿਸ ਦੀਆਂ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਵੀ ਮਿਲੀਆਂ ਹਨ। ਬੈਂਸ ਨੇ ਡਾਕਟਰਾਂ ਦੇ ਰਵੱਈਏ ਨੂੰ ਲੈ ਕੇ ਵੀ ਸਰਕਾਰ ਨੂੰ ਨਜ਼ਰਸਾਨੀ ਹੋਣ ਦੀ ਅਪੀਲ ਕੀਤੀ। ਸਿਮਰਜੀਤ ਬੈਂਸ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਦੀ ਲੁੱਟ-ਖਸੁੱਟ ਹੋ ਰਹੀ ਹੈ ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਖ਼ਤ ਨੋਟਿਸ ਲੈ ਕੇ ਕਰੋਨਾ ਮਰੀਜ਼ਾਂ ਦਾ ਇਲਾਜ ਮੁਫ਼ਤ ਕਰਨ ਦਾ ਐਲਾਨ ਕਰ ਦੇਣਾ ਚਾਹੀਦਾ ਹੈ।