ਭਾਰਤ ‘ਚ ਕੋਰੋਨਾਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੀ ਸਥਿਤੀ ‘ਚ ਸਰਕਾਰ ਦਾ ਮੰਨਣਾ ਹੈ ਕਿ ਕੋਰੋਨਾ ਦੀ ਲਾਗ ਦੀ ਗਤੀ ਉੱਤੇ ਇੱਕ ਕਿਸਮ ਦਾ ਨਿਯੰਤਰਣ ਬਣਾ ਲਿਆ ਹੈ। ਪਰ ਇਸ ਵਾਇਰਸ ਦੇ ਕਾਰਨ ਕਾਰੋਬਾਰ ਹੁਣ ਤੱਕ ਬਹੁਤ ਪ੍ਰਭਾਵਤ ਹੋਇਆ ਹੈ ਜਿੱਥੇ ਸਾਰੀਆਂ ਦੁਕਾਨਾਂ ਅਜੇ ਵੀ ਬੰਦ ਹਨ। ਇਸ ਦੌਰਾਨ ਕੁਝ ਦਿਨ ਪਹਿਲਾਂ ਕਈ ਰਾਜਾਂ ਨੇ ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਸੀ, ਜਿਸ ‘ਚ ਸਬਜ਼ੀਆਂ, ਮੈਡੀਕਲ ਅਤੇ ਹੋਰ ਜ਼ਰੂਰੀ ਦੁਕਾਨਾਂ ਸ਼ਾਮਲ ਹਨ।ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਦੇ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਉਦਯੋਗ ਕੇਂਦਰਾਂ ਨੂੰ ਆਦੇਸ਼ ਦਿੱਤਾ ਕਿ
ਉਹ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਮੁੜ ਖੋਲ੍ਹਣ ਲਈ ਆਪਣੀ ਤਰਫੋਂ ਦਰਖਾਸਤ ਦੇਣ ਦੇ 12 ਘੰਟਿਆਂ ਦੇ ਅੰਦਰ-ਅੰਦਰ ਲੋੜੀਂਦੀ ਪ੍ਰਵਾਨਗੀ ਅਤੇ ਕਰਫਿਊ ਪਾਸ ਮੁਹੱਈਆ ਕਰਵਾਉਣ। ਕੈਪਟਨ ਨੇ ਉਦਯੋਗਾਂ ਨੂੰ ਇਹ ਭਰੋਸਾ ਵੀ ਦਿੱਤਾ ਹੈ ਕਿ ਉਹ ਸੋਮਵਾਰ ਨੂੰ ਪ੍ਰਧਾਨ ਮੰਤਰੀ ਵੱਲੋਂ ਬੁਲਾਏ ਸਾਰੇ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ ਦੌਰਾਨ ਉਦਯੋਗ ਲਈ ਕੇਂਦਰੀ ਸਹਾਇਤਾ ਦਾ ਮੁੱਦਾ ਉਠਾਉਣਗੇ। ਸ਼ੁੱਕਰਵਾਰ ਨੂੰ ਉਦਯੋਗਿਕ ਘਰਾਣਿਆਂ ਦੇ ਲਗਭਗ 100 ਦਿੱਗਜਾਂ ਅਤੇ ਵਿਦੇਸ਼ੀ ਰਾਜਦੂਤਾਂ ਦੇ ਇੱਕ ਵੈਬਿਨਾਰ ‘ਚ, ਮੁੱਖ ਮੰਤਰੀ ਨੇ ਕਿਹਾ ਕਿ ਉਸਨੇ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਸ ਮੁਸ਼ਕਲ ਸਮੇਂ ‘ਚ ਉਦਯੋਗਾਂ ਦੀ ਸਹਾਇਤਾ ਲਈ ਕੋਈ ਠੋਸ ਹੱਲ ਲੱਭਣ ਦੀ ਬੇਨਤੀ ਕੀਤੀ ਹੈ।