ਕਿਸਾਨ ਯੂਨੀਅਨ ਵੱਲੋਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਗੱਡੀਆਂ ਚਾਲੂ ਕਰ ਕੇ ਪੰਜਾਬ ਦੀ ਆਰਥਿਕ ਘੇ-ਰਾ-ਬੰ-ਦੀ ਖ਼ਤਮ ਨਾ ਕੀਤੀ ਤਾਂ ਪੰਜਾਬ ਦੇ ਕਿਸਾਨ ਹਰਿਆਣਾ, ਯੂਪੀ, ਰਾਜਸਥਾਨ ਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰਾ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਸਪਲਾਈ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਕਿਸਾਨ ਅੰਦੋਲਨ ਲਈ ਦੁਪਹਿਰ 12 ਵਜੇ ਤੋਂ 4 ਵਜੇ ਤਕ ਸਾਰੇ ਦੇਸ਼ 'ਚ ਚੱਕਾ ਜਾਮ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਦਿੱਲੀ 'ਚ 26 ਨਵੰਬਰ ਨੂੰ 'ਦਿੱਲੀ ਚੱਲੋ' ਦੇ ਸੱਦੇ ਦੀ ਤਿਆਰੀ ਲਈ ਵੀ ਡਿਊਟੀਆਂ ਲਾਈਆਂ ਗਈਆਂ ਹਨ।
ਇਹ ਫ਼ੈਸਲਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਰਾਜੇਵਾਲ ਨੇ ਕਿਹਾ ਕਿ ਪੰਜਾਬ 'ਚ ਕਿਸਾਨ ਜਥੇਬੰਦੀਆਂ ਨੇ 22 ਅਕਤੂਬਰ ਤੋਂ ਰੇਲਵੇ ਲਾਈਨਾਂ 'ਤੋਂ ਆਪਣੇ ਧਰਨੇ ਚੁੱਕ ਲਏ ਸਨ ਪਰ ਕੇਂਦਰ ਸਰਕਾਰ ਨੇ ਆਪਣੇ ਅੜੀਅਲ ਵਤੀਰੇ ਅਧੀਨ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਦੀ ਆਰਥਿਕ ਘੇਰਾਬੰਦੀ ਕੀਤੀ ਹੋਈ ਹੈ। ਇਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਦਾ ਯਤਨ ਹੈ ਪਰ ਕਿਸਾਨ ਪਿੱਛੇ ਨਹੀਂ ਹਟਣਗੇ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਇਕ ਕਰੋੜ ਰੁਪਏ ਤਕ ਜੁਰਮਾਨਾ ਤੇ ਪੰਜ ਸਾਲ ਦੀ ਸ-ਜ਼ਾ ਕਰਨ ਦੇ ਫ਼ੈਸਲੇ ਦੀ ਨਿੰਦਾ ਕੀਤੀ ਗਈ।