ਸਰਕਾਰੀ ਬੱਸਾਂ ਹੋਈਆਂ ਬੰਦ, ਘਰੋਂ ਸੋਚ ਸਮਝ ਕੇ ਨਿਕਲੋਓ ਬਾਹਰ!

Tags

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਸਮੂਹ ਡਿਪੂਆਂ ਦੇ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਨ ਲਗਭਗ 2200 ਪਨਬੱਸ ਅਤੇ PRTC ਦੀਆਂ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਇਸ ਸਮੇਂ ਲੁਧਿਆਣਾ ਡਿਪੂ ਦੇ ਗੇਟ 'ਤੇ ਰੋਸ ਰੈਲੀ ਵਿੱਚ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ, ਪੀ. ਆਰ. ਟੀ. ਸੀ. ਤੋਂ ਸੂਬਾ ਆਗੂ ਜਸਪਾਲ ਸ਼ਰਮਾ, ਪਨਬੱਸ ਤੋਂ ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ, ਪੀ. ਆਰ. ਟੀ. ਸੀ. ਤੋਂ ਡਿਪੂ ਪ੍ਰਧਾਨ ਗੁਰਬਾਜ ਸਿੰਘ ਸੈਕਟਰੀ ਅੰਮ੍ਰਿਤਪਾਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਹੜਤਾਲ ਦੇ ਭੇਜੇ ਗਏ ਨੋਟਿਸ ਦੇ ਸਬੰਧ ਵਿੱਚ ਵੀ ਗੱਲਬਾਤ ਕਰਨ ਲਈ ਕੋਈ ਮੀਟਿੰਗ ਵੀ ਨਹੀਂ ਬੁਲਾਈ,

ਜਿਸ ਕਾਰਨ ਅੱਜ ਰੋਸ ਵਜੋਂ ਹੜਤਾਲ ਸ਼ੁਰੂ ਹੋ ਗਈ ਹੈ ਅਤੇ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ 'ਤੇ ਪੱਕਾ ਧਰਨਾ ਸ਼ੁਰੂ ਹੋ ਜਾਵੇਗਾ, ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਜਾਇਜ਼ ਮੰਗਾਂ ਵਿੱਚ 10 ਹਜ਼ਾਰ ਸਰਕਾਰੀ ਬੱਸਾਂ ਕਰਨ, ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮਾਣਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ, ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ ਆਦਿ ਮੰਗਾਂ 'ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਪਹਿਲਾਂ 1 ਜੁਲਾਈ ਅਤੇ ਫਿਰ 6 ਅਗਸਤ ਨੂੰ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦੁਆਇਆ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਪਰ ਇਸ ਦੇ ਉਲਟ 16 ਅਤੇ 26 ਅਗਸਤ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਹੋਇਆ। ਇਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਚੱਲਣਾ ਪਿਆ।