ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਲਿਖਤੀ ਪ੍ਰੈਸ ਨੋਟ ਰਾਹੀਂ ਦੱਸਿਆ ਕਿ 26 ਅਕਤੂਬਰ ਨੂੰ ਦਿੱਲੀ ਮੋਰਚੇ ਨੂੰ 11 ਮਹੀਨੇ ਪੂਰੇ ਹੋ ਰਹੇ ਹਨ ਅਤੇ ਲਖੀਮਪੁਰ ਯੂਪੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਹੋਰ ਮਸਲਿਆਂ ਨੂੰ ਲੈ ਕੇ ਦੇਸ਼ ਭਰ ਦੀਆਂ ਜਥੇਬੰਦੀਆਂ ਵੱਲੋਂ 26 ਅਕਤੂਬਰ ਨੂੰ ਦੇਸ਼ ਭਰ ਵਿੱਚ ਧਰਨੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨੀਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਖਰਾਬ ਹੋਏ ਕਪਾਹ ਨਰਮੇ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਇਸ ਲਈ ਜਥੇਬੰਦੀ ਵੱਲੋਂ ਇਨ੍ਹਾਂ ਮੰਗਾਂ ਦੇ ਨਾਲ-ਨਾਲ ਕੱਲ੍ਹ ਪੰਜਾਬ ਭਰ ਵਿੱਚ ਹੋਈ ਭਾਰੀ ਗੜ੍ਹੇਮਾਰੀ ਅਤੇ ਮੀਂਹ ਹਨੇਰੀ ਨਾਲ ਝੋਨੇ, ਬਾਸਮਤੀ, ਸਬਜੀਆਂ ਅਤੇ ਹਰੇ ਚਾਰੇ ਸਮੇਤ ਹੋਰ ਫ਼ਸਲਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿੱਤੇ ਬਿਆਨ ਕਿ ਕਈ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਖਤਮ ਕਰ ਦਿੱਤਾ ਹੈ, ਸਿਰਫ ਮੁੱਠੀ ਭਰ ਲੋਕ ਹੀ ਅੰਦੋਲਨ ਵਿਚ ਸ਼ਾਮਲ ਹਨ, ਉਹ ਵੀ ਮੰਨ ਜਾਣਗੇ, ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਮਜ਼ਦੂਰ ਇਸ ਅੰਦੋਲਨ ਵਿਚ ਸ਼ਾਮਲ ਹਨ ਅਤੇ ਅੰਦੋਲਨ ਪੂਰੀ ਚੜ੍ਹਦੀਕਲਾ ਨਾਲ ਚੱਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ।