ਪੰਥਕ ਦਲ ਪੰਜਾਬ (ਬੰਦੀ ਸਿੰਘ ਰਿਹਾਈ ਮੋਰਚਾ) ਦੇ ਆਗੂ ਭਾਈ ਜੰਗ ਸਿੰਘ ਨੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਬੰਦ ਕਮਰੇ ਵਿਚ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਦੋਵੇਂ ਆਗੂਆਂ ਵਿਚਾਲੇ ਪਿਛਲੇ 25 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਕੋਰਟ ਵੱਲੋਂ ਸੁਣਾਈ ਗਈ ਉਮਰ ਕੈਦ ਤੋਂਵੱਧ ਕੈਦ ਕੱਟ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੈ ਗੱਲਬਾਤ ਹੋਈ। ਮਿਲੀ ਜਾਣਕਾਰੀ ਅਨੁਸਾਰ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫਿਰੋਜ਼ਪੁਰ ਰੈਲੀ ਦੌਰਾਨ ਕੀਤੇ ਜਾਣ ਵਾਲੇ ਐਲਾਨਾਂ ਵਿਚ ਤਿੰਨ ਬੰਦੀ ਸਿੰਘਾਂ ਦੀ ਰਿਹਾਈ ਦਾ ਜ਼ਿਕਰ ਵੀ ਸਾਹਮਣੇ ਆਇਆ ਸੀ ਪਰ ਉਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਰੱਦ ਕਰ ਦਿੱਤੀ ਗਈ।
ਇਸ ਮਗਰੋਂ ਭਾਜਪਾ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੰਘਰਸ਼ ਕਰ ਰਹੀ ਜਥੇਬੰਦੀ ਪੰਥਕ ਦਲ ਪੰਜਾਬ (ਬੰਦੀ ਸਿੰਘ ਰਿਹਾਈ ਮੋਰਚਾ) ਦੇ ਪ੍ਰਧਾਨ ਜੰਗ ਸਿੰਘ ਨਾਲ ਨੇੜਤਾ ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਭਾਜਪਾ ਲੰਮੇ ਸਮੇਂ ਤੋਂ ਲਟਕ ਰਹੇ ਸਿੱਖਾਂ ਦੇ ਭਾਵਨਾਤਮਕ ਮੁੱਦਿਆਂ ਨੂੰ ਲੈ ਕੇ ਕਾਫੀ ਗੰਭੀਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਵੀ ਇਸੇ ਕੜੀ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਵੀ ਇਹਨਾਂ ਮੁੱਦਿਆਂ ਨੂੰ ਲੈ ਕੇ ਕਈ ਮੀਟਿੰਗਾਂ ਹੋ ਚੁਕੀਆਂ ਹਨ।