ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ 5 ਜਨਵਰੀ ਨੂੰ ਫਿਰੋਜ਼ਪੁਰ 'ਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਹੈ ਅਤੇ ਪੰਜਾਬ ਭਰ ਤੋਂ ਕਿਸਾਨ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰਨ ਲਈ ਫਿਰੋਜ਼ਪੁਰ ਵੱਲ ਚੱਲਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਨੂੰ ਪੁਲਸ ਵੱਲੋਂ ਰਸਤਿਆਂ 'ਚ ਹੀ ਰੋਕਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ, ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨਾਂ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਸਾਢੇ 700 ਦੇ ਕਰੀਬ ਕਿਸਾਨਾਂ ਦੀ ਸ਼ਹਾਦਤ ਲਈ ਪ੍ਰਧਾਨ ਮੰਤਰੀ ਮੋਦੀ ਮੁੱਖ ਤੌਰ ’ਤੇ ਜ਼ਿੰਮੇਵਾਰ ਹੈ ਅਤੇ ਕਿਸਾਨ ਉਨ੍ਹਾਂ ਦੀ ਇਸ ਗਲਤੀ ਨੂੰ ਕਦੇ ਮੁਆਫ ਨਹੀਂ ਕਰਨਗੇ।
ਅੱਜ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਵੱਲ ਆ ਰਹੇ ਕਿਸਾਨਾਂ ਨੂੰ ਪੁਲਸ ਵੱਲੋਂ ਪਿੰਡ ਭੜਾਣਾ ਨੇੜੇ ਰੋਕ ਲਿਆ, ਜਿਸ ਦੇ ਵਿਰੋਧ ’ਚ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਕਿਸਾਨਾਂ ਨੇ ਬੋਲ ਦਿੱਤਾ ਹੈ ਕਿ ਉਹ ਪ੍ਰਧਾਨ ਮੰਤਰੀ ਦਾ ਵਿਰੋਧ ਕਰਨਗੇ ਤਾਂ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਲਈ ਉਨ੍ਹਾਂ ਨੂੰ ਕੋਈ ਵੀ ਨਹੀ ਰੋਕ ਸਕਦਾ। ਕਿਸਾਨਾਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਲਈ ਅਜੇ ਤੱਕ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਗਏ ਝੂਠੇ ਕੇਸ ਅਜੇ ਤੱਕ ਰੱਦ ਨਹੀਂ ਕੀਤੇ ਗਏ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵੱਲੋਂ ਐਲਾਨਿਆ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ ਅਤੇ ਲਖੀਮਪੁਰ ਖੀਰੀ 'ਚ ਸਾਜ਼ਿਸ਼ ਤਹਿਤ ਕਿਸਾਨਾਂ ਦੇ ਕਤਲ ਦੇ ਦੋਸ਼ੀ ਕੇਂਦਰੀ ਮੰਤਰੀ ਮਿਸ਼ਰਾ ਨੂੰ ਨਾ ਤਾਂ ਮੰਤਰੀ ਮੰਡਲ 'ਚੋਂ ਬਰਖ਼ਾਸਤ ਕੀਤਾ ਗਿਆ ਹੈ ਅਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਿਸਾਨਾਂ ਨੇ ਕਿਹਾ ਕਿ ਇਸ ਗੱਲ ਨੂੰ ਪੂਰਾ ਦੇਸ਼ ਭਲੀ-ਭਾਂਤ ਜਾਣਦਾ ਹੈ ਤੇ ਕਿਸਾਨਾਂ ਨੇ ਲਾਲ ਕਿਲੇ ’ਤੇ ਝੰਡਾ ਲਹਿਰਾ ਕੇ ਤੇ ਸਾਢੇ 700 ਦੇ ਕਰੀਬ ਕਿਸਾਨਾਂ ਨੇ ਆਪਣੀ ਸ਼ਹਾਦਤ ਦੇ ਕੇ ਅਤੇ ਇਕ ਸਾਲ ਤੱਕ ਕਿਸਾਨ ਅੰਦੋਲਨ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਕਿਸਾਨ ਕੋਈ ਫੈਸਲਾ ਲੈ ਲੈਂਦਾ ਹੈ ਤਾਂ ਉਸ ਨੂੰ ਜਰੂਰ ਪੂਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਪਰ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਕੀਤੇ ਸਮਝੌਤੇ ਅੱਜ ਤੱਕ ਲਾਗੂ ਨਹੀਂ ਕੀਤੇ ਗਏ ਅਤੇ ਕਿਸਾਨਾਂ ਨੂੰ ਇੱਕ ਸਾਲ ਦਿੱਲੀ ਤੇ ਦੇਸ਼ ਦੀਆਂ ਸੜਕਾਂ ’ਤੇ ਰੁਲਣ ਲਈ ਮਜਬੂਰ ਕੀਤਾ ਹੈ।