ਪੰਜਾਬ ਵਿਧਾਨ ਸਭਾ 'ਚ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਏ ਜਾਣਗੇ। ਇਸ ਬਾਰੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਦੇ ਪ੍ਰਸਤਾਵ 'ਤੇ ਸਦਨ ਨੇ ਸਿਫਾਰਸ਼ ਕੀਤੀ ਹੈ। ਇਸ ਦੇ ਨਾਲ ਹੀ ਕੱਲ੍ਹ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਹੈ। ਇਹ ਐਲਾਨ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਪਹਿਲਾਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਲਾਉਣ ਦੀ ਯੋਜਨਾ ਸੀ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਰਣਜੀਤ ਸਿੰਘ ਦਾ ਵੀ ਬੁੱਤ ਲਾਉਣ ਦੀ ਮੰਗ ਕੀਤੀ
ਤਾਂ ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ ਤੇ ਉਸ ਦਿਨ ਸਾਰੇ ਸਕੂਲਾਂ ਤੇ ਕਾਲਜਾਂ ਵਿੱਚ ਸ਼ਹੀਦ ਭਗਤ ਸਿੰਘ ’ਤੇ ਕੋਰੀਓਗ੍ਰਾਫੀ ਨਾਟਕ ਕਰਵਾਏ ਜਾਣਗੇ। ਭਗਵੰਤ ਮਾਨ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਤੇ ਆਖਰੀ ਦਿਨ ਸੀ ਜਿਸ ਵਿੱਚ ਸਭ ਤੋਂ ਪਹਿਲਾਂ ਰਾਜਪਾਲ ਬੀਐਲ ਪੁਰੋਹਿਤ ਦੇ ਸੰਬੋਧਨ 'ਤੇ ਚਰਚਾ ਹੋਈ। ਰਾਜਪਾਲ ਨੇ ਕੱਲ੍ਹ ਹੀ ਵਿਧਾਨ ਸਭਾ ਵਿੱਚ ਮਾਨ ਸਰਕਾਰ ਦੇ ਰੋਡਮੈਪ ਬਾਰੇ ਜਾਣਕਾਰੀ ਦਿੱਤੀ ਸੀ। ਸਦਨ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ ਤਾਂ ਰਾਜਾ ਵੜਿੰਗ ਇਹ ਨਹੀਂ ਦੱਸ ਸਕੇ।