ਭਗਵੰਤ ਮਾਨ ਨੇ ਪੰਜਾਬ ਦੇ DGP ਨੂੰ ਵੱਡੇ ਹੁਕਮ ਕੀਤੇ ਜਾਰੀ

Tags

ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕਰਾਸਿੰਗ ਨੇੜੇ ਗਊ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸੂਬੇ ਦੇ ਡੀਜੀਪੀ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਅਪਰਾਧਾਂ ਨੂੰ ਅੰਜਾਮ ਦੇ ਕੇ ਸੂਬੇ ਦਾ ਅਮਨ-ਸ਼ਾਂਤੀ ਵਾਲਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਡੀਜੀਪੀ ਨੂੰ ਇਹ ਵੀ ਕਿਹਾ ਕਿ ਅਜਿਹੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਹੋਰਨਾਂ ਨੂੰ ਰੋਕਣ ਲਈ ਗਊਆਂ ਦੇ ਸਿਰ ਕਲਮ ਕਰਨ ਵਾਲੇ ਪਾਏ ਜਾਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਡੀਜੀਪੀ ਨੂੰ ਹਦਾਇਤਾਂ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਰਾਰਤੀ ਅਨਸਰ ਅਜਿਹੀਆਂ ਅਣਮਨੁੱਖੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਹਾਲਾਤ ਵਿੱਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਿਸ ਨੂੰ ਪਹਿਲਾਂ ਹੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਧਰ, ਮਾਨ ਨੇ ਕਿਹਾ ਕਿ ਇਸ ਨਾ ਮੁਆਫ਼ੀਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।