ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਆਪਰ ਜੁਗ ਦੇ 5 ਹਜ਼ਾਰ ਸਾਲ ਪੁਰਾਣੇ ਰਣੀਕੇ ਮੰਦਰ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਪਦਮ ਡਾ ਰਜਿੰਦਰ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਮੈਨੂੰ ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ ਅਤੇ ਮੰਦਰ ਦਾ ਪੁਨਰ ਨਿਰਮਾਣ ਦੇਖ ਕੇ ਹੋਰ ਵੀ ਖੁਸ਼ੀ ਮਿਲੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਖੋਲ੍ਹੇ ਜਾਣਗੇ ਅਤੇ ਨੋਡਲ ਅਫਸਰ ਨਿਯੁਕਤ ਕੀਤਾ ਜਾਵੇਗਾ ਕਿਉਂਕਿ ਚੰਡੀਗੜ੍ਹ ਜਾਣਾ ਆਉਣ ਵਿੱਚ ਲੋਕਾਂ ਨੂੰ ਮੁਸ਼ਕਲਾਂ ਆਉਂਦੀਆਂ ਹਨ
ਇਸ ਲਈ ਹਰ ਜ਼ਿਲ੍ਹੇ ਵਿੱਚ ਹੀ ਮੁੱਖ ਮੰਤਰੀ ਦਾ ਦਫ਼ਤਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਫਤਰਾਂ ਵਿਚ ਜੋ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਕੰਪਿਊਟਰ ਵਿੱਚ ਦਰਜ ਕਰਨਗੇ ਅਤੇ ਪੰਜਾਬ ਦੇ ਹਰ ਵਿਅਕਤੀ ਦੀ ਸਮੱਸਿਆ ਦਾ ਹੱਲ ਆਪ ਦੀ ਸਰਕਾਰ ਵੱਲੋਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਸਮੇਂ ਸਿਰ ਖਰੀਦ ਕੀਤੀ ਜਾਵੇਗੀ ਉਥੇ ਹੀ ਮਿੱਥੇ ਸਮੇਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕਰਨ ਲਈ ਅਧਿਕਾਰੀਆਂ ਕਰਮਚਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ।