ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ 15 ਅਪ੍ਰੈਲ ਨੂੰ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ’ਚ ਮਹਿਲਾਵਾਂ ਲਈ ਕਿਰਾਏ ’ਚ 50 ਫੀਸਦ ਛੋਟ, 125 ਯੂਨਿਟ ਤੱਕ ਬਿਜਲੀ ਮੁਫਤ ਕਰਨ ਅਤੇ ਦਿਹਾਤੀ ਇਲਾਕਿਆਂ ’ਚ ਪਾਣੀ ਬਿੱਲ ਖਤਮ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਚੰਬਾ ’ਚ ਹਿਮਾਚਲ ਪ੍ਰਦੇਸ਼ ਦੇ 75ਵੇਂ ਸਥਾਪਨਾ ਦਿਵਸ ਸਬੰਧੀ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨੇ ਕਰੋਨਾ ਮਹਾਮਾਰੀ ਦੇ ਦੌਰ ’ਚ ਬਹੁਤ ਮੁਸ਼ਕਲ ਸਮਾਂ ਦੇਖਿਆ ਹੈ ਪਰ ਲੋਕਾਂ ਦੇ ਸਹਿਯੋਗ ਨਾਲ ਉਹ ਉਸ ਮੁਸ਼ਕਲ ਦੇ ਦੌਰ ’ਚੋਂ ਉੱਭਰ ਆਏ ਹਨ। ਉਨ੍ਹਾਂ ਕਿਹਾ ਕਿ ਸੂਬਾ ਲਗਾਤਾਰ ਵਿਕਾਸ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ।
ਉਨ੍ਹਾਂ ਕਿਹਾ, ‘ਇਹ ਸਭ ਕੁਝ ਕੇਂਦਰ ਸਰਕਾਰ ਦੀ ਮਦਦ ਨਾਲ ਸੰਭਵ ਹੋ ਸਕਿਆ ਕਿਉਂਕਿ ਪ੍ਰਧਾਨ ਮੰਤਰੀ ਦਾ ਹਿਮਾਚਲ ਪ੍ਰਦੇਸ਼ ਨਾਲ ਵਿਸ਼ੇਸ਼ ਲਗਾਓ ਹੈ।’ ਉਨ੍ਹਾਂ ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੇ ਸੂਬੇ ਦੇ ਪਹਿਲੇ ਮੁੱਖ ਮੰਤਰੀ ਡਾ. ਯਸ਼ਵੰਤ ਸਿੰਘ ਪਰਮਾਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕਾਂ ਦਾ ਜੀਵਨ ਪੱਧਰ ਸੁਧਾਰਨ ਤੇ ਸੂਬੇ ਦਾ ਵਿਕਾਸ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਮਹਿਲਾਵਾਂ ਨਿਗਮ ਦੀਆਂ ਬੱਸਾਂ ਦੇ ਕਿਰਾਏ ਵਿੱਚ 50 ਫੀਸਦ ਛੋਟ ਮਿਲਣ ਨਾਲ ਕਰੀਬ 60 ਰੁਪਏ ਦੀ ਬੱਚਤ ਕਰਨਗੀਆਂ। ਉਨ੍ਹਾਂ ਕਿਹਾ 125 ਯੂਨਿਟ ਤੱਕ ਬਿਜਲੀ ਦੀ ਖਪਤ ਕਰਨ ਵਾਲੇ ਖਪਤਕਾਰਾਂ ਨੂੰ ਪਹਿਲੀ ਜੁਲਾਈ ਤੱਕ ਕੋਈ ਬਿਜਲੀ ਬਿੱਲ ਨਹੀਂ ਭਰਨਾ ਪਵੇਗਾ ਤੇ ਇਸ ਫ਼ੈਸਲੇ ਨਾਲ 11.5 ਲੱਖ ਖਪਤਕਾਰਾਂ ਨੂੰ 250 ਕਰੋੜ ਰੁਪਏ ਦਾ ਫਾਇਦਾ ਹੋਵੇਗਾ।