ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਬਿਨਾਂ ਕਿਰਾਇਆ ਦਿੱਤੇ ਸਫ਼ਰ ਕਰਨ ਦੀ ਸਹੂਲਤ ਦਿੱਤੀ ਗਈ ਸੀ ਜੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਮੇਂ ਵੀ ਉਸੇ ਤਰ੍ਹਾਂ ਜਾਰੀ ਹੈ। ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਕੁਝ ਸਮੇਂ ਤੋਂ ਇਹ ਸੁਣਨ 'ਚ ਆ ਰਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਵੀ ਫ਼ੈਸਲਾ ਸੂਬਾ ਸਰਕਾਰ ਵੱਲੋਂ ਨਹੀਂ ਲਿਆ ਗਿਆ। ਸ਼ਰਾਰਤੀ ਅਨਸਰਾਂ ਵੱਲੋਂ ਇਹ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇਹ ਸਹੂਲਤ ਪਹਿਲਾਂ ਵਾਂਗ ਹੀ ਜਾਰੀ ਰਹੇਗੀ।
ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਰਕਾਰ ਜਾਣਕਾਰੀ ਇਕੱਠੀ ਕਰਕੇ ਸਖ਼ਤ ਕਾਰਵਾਈ ਕਰੇਗੀ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆਂ 'ਤੇ ਪੋਸਟਾਂ ਵਾਇਰਲ ਹੋ ਰਹੀਆਂ ਸਨ ਕਿ 1 ਜੂਨ ਤੋਂ ਇਹ ਸਹੂਲਤ ਬੰਦ ਕੀਤੀ ਜਾ ਰਹੀ ਹੈ ਪਰ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਜਿਹੀਆਂ ਪੋਸਟਾਂ ਨੂੰ ਅਫ਼ਵਾਹ ਦੱਸਦਿਆਂ ਕਿਹਾ ਕਿ ਔਰਤਾਂ ਨੂੰ ਬੱਸਾਂ ਚ ਮੁਫ਼ਤ ਸਫ਼ਰ ਦੀ ਸਹੂਲਤ ਪਹਿਲਾਂ ਵਾਂਗ ਹੀ ਜਾਰੀ ਰਹੇੇਗੀ।