ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਇੱਥੇ ਫ਼ੇਜ਼-5 ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਬਣ ਰਹੇ ਹਨ, ਜੋ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ।
ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇਸ ਕਲੀਨਿਕ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। ਇਨ੍ਹਾਂ ਕਾਰਜਾਂ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਕੰਮ ਤੈਅ ਸਮਾਂ ਹੱਦ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।