ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਸਮਾਪਤ ਹੋ ਚੁੱਕੀ ਹੈ। ਮੀਟਿੰਗ ਕਰੀਬ ਚਾਰ ਘੰਟੇ ਤੱਕ ਚਲੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਸਹਿਮਤੀ ਪ੍ਰਗਟਾਈ ਹੈ। ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ, ਸੋ ਕਿਸਾਨ ਹੁਣ ਸਹਿਮਤ ਹੋ ਗਏ ਹਨ ਕਿ ਉਹ ਕੱਲ੍ਹ ਪ੍ਰਦਰਸ਼ਨ ਨਹੀਂ ਕਰਨਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਹਾ ਕੱਲ੍ਹ ਅਸੀਂ ਪ੍ਰਦਰਸ਼ਨ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਸਾਡੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਅਸੀਂ ਇਕੱਠੇ 7 ਸਤੰਬਰ ਨੂੰ ਮੁੱਖ ਮੰਤਰੀ ਨਾਲ ਦੁਬਾਰਾ ਮੁਲਾਕਾਤ ਕਰਾਂਗੇ।
ਜੇਕਰ 7 ਸਤੰਬਰ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਸ ਤੋਂ ਬਾਅਦ ਅਸੀਂ ਫੈਸਲਾ ਕਰਾਂਗੇ ਕਿ ਅੱਗੇ ਕੀ ਕਰਨਾ ਹੈ। ਡੱਲੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੱਲ੍ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ ਅਤੇ ਵਿਧਾਇਕਾਂ ਤੋਂ ਉਨ੍ਹਾਂ ਦੇ ਸਰਕਲਾਂ ਬਾਰੇ ਫੀਡਬੈਕ ਲੈਣਗੇ। ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਕਿਸਾਨਾਂ ਉਤੇ ਦਰਜ ਸਾਰੇ ਪਰਚੇ ਰੱਦ ਹੋਣਗੇ। 5 ਅਗੱਸਤ ਨੂੰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨੂੰ ਮਿਲੇਗੀ। ਮਾਨ ਨੇ ਅੱਗੇ ਕਿਹਾ ਕਿ 100 ਕਰੋੜ ਦੀ ਪਹਿਲੀ ਕਿਸ਼ਤ 15 ਅਗਸਤ ਤੋਂ ਪਹਿਲਾ ਮਿਲੇਗੀ। ਗੰਨ ਦੇ ਬਕਾਏ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 7 ਸਤੰਬਰ ਤੱਕ ਗੰਨੇ ਦਾ ਭੁਗਤਾਨ ਕਰ ਦਿੱਤਾ ਜਾਵੇਗਾ।