ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਦਯੋਗਪਤੀਆਂ ਲਈ ਜਲਦ ਹੀ ਨਵੀਂ ਉਦਯੋਗ ਨੀਤੀ ਲਿਆ ਰਹੇ ਹਨ। ਇਸ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਪੰਜਾਬ ਅੰਦਰ ਨਿਵੇਸ਼ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇੰਡਸਟਰੀ ਲਈ ਨਵੀਂ ਨੀਤੀ ਬਣਾ ਰਹੇ ਹਾਂ, ਆਉਣ ਵਾਲੇ ਦਿਨਾਂ 'ਚ ਐਲਾਨ ਕਰਾਂਗੇ, ਇੰਡਸਟਰੀ ਨੂੰ ਦਰਪੇਸ਼ ਸਮੱਸਿਆਵਾਂ ਦਾ ਪੂਰਾ ਹੱਲ ਕੀਤਾ ਜਾਵੇਗਾ, ਸੁਖਾਵਾਂ ਮਾਹੌਲ ਦੇਵਾਂਗੇ। ਲੁਧਿਆਣਾ ਦੀਆਂ ਵੱਖ-ਵੱਖ ਸਨਅਤੀ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ,
ਜਿਸ ਦੌਰਾਨ ਸਨਅਤੀ ਆਗੂਆਂ ਨੇ ਮੁੱਖ ਮੰਤਰੀ ਨੂੰ ਵੱਖ-ਵੱਖ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਸਨਅਤੀ ਆਗੂਆਂ ਨੇ ਮੁੱਖ ਮੰਤਰੀ ਨੂੰ ਉਦਯੋਗਿਕ ਮਸਲਿਆਂ ਸਬੰਧੀ ਲਿਖਤੀ ਮੰਗ ਪੱਤਰ ਸੌਂਪ ਕੇ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੀਟਿੰਗ ਦਾ ਪ੍ਰਬੰਧ ਵਿਕਰਮਜੀਤ ਸਿੰਘ ਸਾਹਨੀ ਮੈਂਬਰ ਰਾਜ ਸਭਾ ਵਲੋਂ ਕੀਤਾ ਗਿਆ। ਮੀਟਿੰਗ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਮੁੱਖ ਮੰਤਰੀ ਦੇ ਵਧੀਕ ਸਕੱਤਰ ਵੇਣੂੰ ਪ੍ਰਸ਼ਾਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।