ਭਾਰਤ ਵਿਚ ਵਿਦਿਆਰਥੀਆਂ ਦੀ ਵੱਡੀ ਗਿਣਤੀ ਹੈ, ਜੋ ਹਰ ਸਾਲ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂਦੇ ਹਨ। ਹਾਲ ਹੀ ਦੇ ਸਾਲਾਂ ਵਿਚ ਵਿਦੇਸ਼ਾਂ ਵਿਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਅਮਰੀਕਾ, ਯੂਨਾਈਟਿਡ ਕਿੰਗਡਮ (ਇੰਗਲੈਂਡ), ਆਸਟ੍ਰੇਲੀਆ ਅਤੇ ਕੈਨੇਡਾ ’ਚ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ। ਹਾਲਾਂਕਿ, ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਆਪਣੇ ਖ਼ਤਰੇ ਹਨ, ਜਿਨ੍ਹਾਂ ਬਾਰੇ ਭਾਰਤੀ ਵਿਦਿਆਰਥੀਆਂ ਨੂੰ ਜਾਗਰੂਕ ਹੋਣ ਅਤੇ ਇਸ ਲਈ ਤਿਆਰੀ ਕਰਨ ਦੀ ਲੋੜ ਹੈ।
ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਦੌਰਾਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਸ਼ੁਰੂ ਤੋਂ ਹੁੰਦਾ ਆ ਰਿਹਾ ਹੈ, ਅੱਜ ਵੀ ਹੈ ਅਤੇ ਅੱਗੇ ਵੀ ਰਹੇਗਾ। ਪਰ ਲੋੜ ਇਸ ਗੱਲ ਦੀ ਹੈ ਕਿ ਵਿਦੇਸ਼ ਜਾ ਕੇ ਪੜ੍ਹਾਈ ਕਰਨ ਅਤੇ ਉੱਥੇ ਸੈਟਲ ਹੋਣ ਦਾ ਸੁਫ਼ਨਾ ਲੈ ਕੇ ਵਿਦੇਸ਼ ਜਾ ਰਹੇ ਵਿਦਿਆਰਥੀ ਹਰ ਤਰ੍ਹਾਂ ਦੀਆਂ ਮੁਸ਼ਕਿਲ ਸਥਿਤੀਆਂ ਦਾ ਸਾਹਮਣਾ ਕਰਨ ਲਈ ਮਾਨਸਿਕ ਤੌਰ ’ਤੇ ਤਿਆਰ ਰਹਿਣ ਅਤੇ ਇਨਾਂ ਦੇ ਸਬੰਧਿਤ ਪਰਿਵਾਰਕ ਮੈਂਬਰ ਵਿਦੇਸ਼ੀ ਧਰਤੀ ਬਾਰੇ ਪੂਰੀ ਜਾਣਕਾਰੀ ਰੱਖਣ।