ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਦੂਜਾ ਰੂਪ ਦੱਸਿਆ। ਉਨ੍ਹਾਂ ਕਿਹਾ ਕਿ ਕਈ ਲੋਕਾਂ ਦੇ ਸੋਸ਼ਲ ਮੀਡੀਆ ਖਾਤਿਆਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਵਿੱਚ ਪੰਜਾਬੀ ਗਾਇਕ ਬੱਬੂ ਮਾਨ, ਜਸਬੀਰ ਜੱਸੀ ਸਮੇਤ ਨਿਊਜ਼ ਚੈਨਲ, ਕਿਸਾਨ ਏਕਤਾ ਮੋਰਚਾ ਅਤੇ ਕਈ ਹੋਰ ਸ਼ਾਮਲ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਸਵਾਲ ਉਠਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਮਜੀਠੀਆ ਨੇ ‘ਆਪ’ ਸਰਕਾਰ ’ਤੇ ਲੋਕਤੰਤਰ ਨੂੰ ਤਬਾਹ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕਤੰਤਰ ਦੀ ਰਾਖੀ ਲਈ ਜੇਲ੍ਹ ਅੰਦੋਲਨ ਚਲਾਉਣਾ ਪੈਂਦਾ ਹੈ ਤਾਂ ਉਹ ਇਸ ਦੇ ਲਈ ਤਿਆਰ ਹਨ। ਆਪਣੇ ਆਪ ਨੂੰ ਕੱਟੜ ਇਮਾਨਦਾਰ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਬੇਈਮਾਨ ਹਨ। ਰਾਕੇਸ਼ ਚੌਧਰੀ ਅਤੇ ਰੇਤ ਮਾਫੀਆ ਦੇ ਮਾਮਲੇ ’ਚ ‘ਆਪ’ ਦੇ ਬੁਲਾਰੇ ਨੇ ਹਾਈਕੋਰਟ ਤੋਂ ਸਟੇਅ ਦਾ ਦਾਅਵਾ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ’ਚ ‘ਆਪ’ ਨੂੰ ਚੁਣੌਤੀ ਦਿੱਤੀ ਹੈ। ਪਰ ਅੱਜ ਤੱਕ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ ਅਤੇ ਨਾ ਹੀ ਹਾਈਕੋਰਟ ਦਾ ਸਟੇਅ ਦਿਖਾਇਆ ਗਿਆ ਹੈ।