ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਬਾਦਲ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਦੇ ਵਲੋਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੂੰ ਮੈਂ ਕਦੇ ਗੁੱਸੇ ਹੁੰਦੇ ਨਹੀਂ ਦੇਖਿਆ।
ਉਨ੍ਹਾਂ ਕੋਲ ਸੁਣਨ ਦੀ ਬਹੁਤ ਸ਼ਕਤੀ ਸੀ। ਇੱਕ ਵਾਰ ਜਦੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਤਾਂ ਉਹ ਸਰਹਿੰਦ ਨੇੜੇ ਇੱਕ ਰੈਸਟ ਹਾਊਸ ਵਿੱਚ ਬੈਠੇ ਸਨ ਤਾਂ ਮੈਂ ਵੀ ਉਨ੍ਹਾਂ ਦੇ ਨਾਲ ਸੀ। ਬਾਦਲ ਸਾਹਿਬ ਦਾ ਕੋਈ ਪੁਰਾਣਾ ਦੋਸਤ ਆ ਕੇ ਗਾਲ੍ਹਾਂ ਕੱਢਣ ਲੱਗਾ। ਜਦੋਂ ਥਾਣੇਦਾਰ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਬਾਦਲ ਸਾਹਬ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ।