ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਦੇ ਕਾਰਨ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਭਰਪਾਈ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਬੋਹਰ ਵਿਖੇ ਪੀੜਤ ਕਿਸਾਨਾਂ ਨੂੰ ਚੈੱਕ ਵੰਡ ਕੇ ਮੁਆਵਜ਼ਾ ਦੇਣ ਦੀ ਸ਼ੁਰੂਆਤ ਕੀਤੀ ਗੀ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਖੇਤਾਂ ਵਿੱਚ ਹੈ ਅਤੇ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਹੈ। ਸੀ.ਐਮ. ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਦਾ ਇਤਿਹਾਸਕ ਦਿਨ ਹੈ। ਕਿਉਂਕਿ ਖਰਾਬੇ ਦੇ 20 ਦਿਨਾਂ ਦੇ ਅੰਦਰ ਹੀ ਮੁਆਵਜ਼ਾ ਮਿਲਣ ਦੀ ਸ਼ੁਰੂਆਤ ਹੋ ਚੁੱਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਖਰਾਬ ਹੋਈ ਫਸਲ ਬਾਰੇ ਕੇਂਦਰ ਸਰਕਾਰ ਦੇ ਵੱਲੋਂ ਲਗਾਏ ਗਏ ਕੱਟ ਸਬੰਧੀ ਫੈਸਲਾ ਲੈਂਦਿਆਂ ਕਿਹਾ ਕਿ ਇਸ ਦਾ ਖਰਚਾ ਪੰਜਾਬ ਸਰਕਾਰ ਅਦਾ ਕਰੇਗੀ। ਸਰਕਾਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦੇਵੇਗੀ ਅਤੇ ਡਟ ਕੇ ਕਿਸਾਨਾਂ ਨਾਲ ਖੜ੍ਹੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਦੇ ਹੋਏ ਨੁਕਸਾਨ ਸਬੰਧੀ 18 ਫ਼ੀਸਦੀ ਤੋਂ 80 ਫ਼ੀਸਦੀ ਤੱਕ ਬਦਰੰਗ ਕਣਕ ਖਰੀਦਣ ਦਾ ਫੈਸਲਾ ਕੀਤਾ ਹੈ ਪਰ ਨਾਲ ਹੀ ਸਰਕਾਰ ਨੇ 5.31 ਰੁਪਏ ਤੋਂ ਲੈ ਕੇ 31.87 ਰੁਪਏ ਤੱਕ ਪ੍ਰਤੀ ਕੁਇੰਟਲ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਕਿਸਾਨ ਖਫ਼ਾ ਹਨ।