ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ, ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦਾ ਸੱਦਾ ਦਿੱਤਾ। ਉਹ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅਗਾਵਾਲ ਧਰਮਸ਼ਾਲਾ ਵਿੱਚ ਲਗਾਏ ਗਏ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਹੜੀ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ।
ਸਾਰੇ ਸਰਕਾਰੀ ਵਿਭਾਗ ਹੇਠਲੇ ਪੱਧਰ ’ਤੇ ਪਹੁੰਚ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਤੇ ਉਨ੍ਹਾਂ ਦੇ ਖੇਤੀ ਖਰਚੇ ਘਟਾਉਣ ਲਈ ਕੰਮ ਕਰ ਰਹੀ ਹੈ। ਜਿਸ ਤਹਿਤ ਕਿਸਾਨਾਂ ਦੇ ਖੇਤਾਂ ‘ਚ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਘੱਟ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਿਸਾਨ ਬਰਸਾਤੀ ਪਾਣੀ ਨੂੰ ਖੇਤ ਵਿੱਚ ਇਕੱਠਾ ਕਰਕੇ ਘੱਟ ਸਮੇਂ ਦੀਆਂ ਫਸਲਾਂ ਲਗਾ ਕੇ ਤੇ ਹੋਰ ਸਹਾਇਕ ਧੰਦੇ ਅਪਣਾ ਵੱਧ ਮੁਨਾਫਾ ਕਮਾ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਪੀਪੀਟੀ ਰਾਹੀਂ ਲੈਕਚਰ ਦਿੱਤਾ।