ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ਸਬੰਧੀ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ। ਭਗਵੰਤ ਮਾਨ ਹਰ ਚੀਜ਼ ਦੀ ਉਲੰਘਣਾ ਕਰ ਰਹੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਆਪਣੀ ਸਰਕਾਰ ਚਲਾਉਣ ਦੀਆਂ ਨੀਤੀ ਦੇਖੋ। ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੁਲਿਸ ਤੇ ਆਪਣੀ ਤਾਕਤ ਦੀ ਵਰਤੋਂ ਕਰਕੇ ਮੀਡੀਆ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾ ਰਹੀ ਹੈ।
ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਏਡੀਜੀਪੀ ਐਲਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਕੋਟਕਪੂਰਾ ਗੋਲੀ ਕਾਂਡ ਵਿੱਚ ਦੋ ਐਫਆਈਆਰ 129/18 ਤੇ 192/15 ਦਰਜ ਕੀਤੀਆਂ ਗਈਆਂ ਹਨ।