ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 2008 ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ "No Objection Certificate" (NOC) ਜਾਰੀ ਕੀਤਾ ਗਿਆ ਸੀ। ਸੀਐਮ ਮਾਨ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਉੱਪਰ ਆਪਣਾ ਵੀ ਹੱਕ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਦੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ‘ਚ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਮਤਾ ਪਾਸ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੋਣ ਦੀ ਇਜਾਜ਼ਤ ਨਹੀਂ ਦੇਵਾਂਗੇ ਤੇ ਕਿਸੇ ਵੀ ਹਾਲਤ 'ਚ ਅਸੀਂ ਪੰਜਾਬ ਯੂਨੀਵਰਸਿਟੀ ਨਾਲ ਛੇੜ-ਛਾੜ ਨਹੀਂ ਹੋਣ ਦੇਵਾਂਗੇ। ਸਾਡਾ ਮਕਸਦ ਪੰਜਾਬ ਦੇ ਕਾਲਜਾਂ ਨੂੰ ਉੱਚ-ਪੱਧਰੀ ਸਿੱਖਿਆ ਦੇਣਾ ਹੈ ਤੇ ਪੰਜਾਬ ਯੂਨੀਵਰਸਿਟੀ ਨੂੰ ਫੰਡਾਂ ਦੀ ਕਮੀ ਨਹੀਂ ਆਉਣ ਦੇਵਾਂਗੇ।