ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਤੋਂ ਈ-ਵਾਹਨ ਦੇ ਨਾਲ-ਨਾਲ ਅੰਮ੍ਰਿਤਸਰ ਵਿਚ ਈ-ਆਟੋਜ਼ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।
ਉਨ੍ਹਾਂ ਕਿਹਾ ਕਿ ਈ-ਵਾਹਨ ਸੇਵਾ ਨੂੰ ਪਾਇਲਟ ਪ੍ਰੋਜੈਕਟਾਂ ਵਜੋਂ ਲੁਧਿਆਣਾ ਅਤੇ ਜਲੰਧਰ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋਜ਼ ਨੂੰ ਪਾਇਲਟ ਪ੍ਰੋਜੈਕਟਾਂ ਵਜੋਂ ਪੇਸ਼ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟਰਾਂਸਪੋਰਟ ਦੇ ਇਹ ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਲਈ ਵੱਡੀ ਰਾਹਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਗਿਆ ਹੈ।