ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਦੀ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਗੁਰਦੁਆਰਾ ਐਕਟ 1925 ਸੋਧ ਬਿੱਲ ਵੀ ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੇਂਡੂ ਵਿਕਾਸ ਫੰਡ (RDF) ਜਾਰੀ ਨਾ ਕਰਨ 'ਤੇ ਕੇਂਦਰ ਸਰਕਾਰ ਵਿਰੁੱਧ ਵੀ ਮਤਾ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ਼ਾਰਿਆਂ 'ਚ ਕੇਂਦਰ ਸਰਕਾਰ ਨੂੰ 3622 ਕਰੋੜ ਰੁਪਏ ਦਾ ਪੇਂਡੂ ਵਿਕਾਸ ਫ਼ੰਡ ਜਲਦ ਜਾਰੀ ਕਰਨ ਦੀ ਚਿਤਾਵਨੀ ਦਿੱਤੀ ਹੈ।
CM ਮਾਨ ਦਾ ਕਹਿਣਾ ਕਿ ਜੇਕਰ ਫ਼ੰਡ ਜਾਰੀ ਨਹੀਂ ਕੀਤਾ ਗਿਆ ਤਾਂ 1 ਜੁਲਾਈ ਨੂੰ ਸੁਪਰੀਮ ਕੋਰਟ ਖੁੱਲ੍ਹ ਰਹੀ ਹੈ, ਜਿਸਤੋਂ ਬਾਅਦ ਉਹ ਇਸ ਬਾਬਤ ਸੁਪਰੀਮ ਕੋਰਟ ਦਾ ਰੁੱਖ ਕਰਨਗੇ। ਰਾਜ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਸਦਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ RDF ਫੰਡ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਨੇ 3622 ਕਰੋੜ ਰੁਪਏ ਦੇ RDF ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ।