ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿਚ ਮਹਿੰਗੀ ਜ਼ਮੀਨ ਵੀ ਦਿੱਤੀ।
ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿਚ ਹੋਰ ਸਬੂਤ ਵੀ ਦੇ ਦੇਣਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਕੈਪਟਨ ਇਸ ਮੁੱਦੇ ’ਤੇ ਝੂਠ ਬੋਲ ਰਹੇ ਹਨ।