ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਫਤਿਹਗੜ੍ਹ ਸਾਹਿਬ 'ਚ ਹੜ੍ਹ ਕਾਰਨ ਹੋਏ ਨੁਕਸਾਨ ਤੋਂ ਬਾਅਦ ਲੋਕਾਂ ਦਾ ਹਾਲ-ਚਾਲ ਪੁੱਛਣ ਪਹੁੰਚੇ। ਉਨ੍ਹਾਂ ਵਿਸ਼ਵਕਰਮਾ ਕਲੋਨੀ ਸਮੇਤ ਸਰਹਿੰਦ ਚੋਅ ਨੇੜੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਲੋਕਾਂ ਨੇ ਆਪਣਾ ਦਰਦ ਬਿਆਨ ਕਰਦੇ ਹੋਏ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਦੱਸਿਆ। ਲੋਕਾਂ ਨੂੰ ਮਿਲਣ ਤੋਂ ਬਾਅਦ ਰਾਜਾ ਵੜਿੰਗ ਨੇ ਦਸਿਆ ਕਿ ਫਤਿਹਗੜ੍ਹ ਸਾਹਿਬ 6 ਫੁੱਟ ਤੱਕ ਪਾਣੀ ਨਾਲ ਭਰਿਆ ਹੋਇਆ ਹੈ। ਅੱਜ ਪੱਧਰ ਕੁਝ ਘਟਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੁਦਰਤੀ ਆਫ਼ਤ ਵਿਚ ਕਿਸੇ ਦਾ ਵੀ ਕੋਈ ਕਸੂਰ ਨਹੀਂ ਹੈ ਪਰ ਸਰਕਾਰ ਨੂੰ ਇਸ ਆਫ਼ਤ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ।
ਪੰਜਾਬ ਸਰਕਾਰ ਇਸ ਤਬਾਹੀ ਵਿਚ ਫੇਲ੍ਹ ਸਾਬਤ ਹੋਈ ਹੈ। ਲੋਕਾਂ ਨੂੰ ਪਾਣੀ, ਭੋਜਨ ਜਾਂ ਕੁਝ ਵੀ ਨਹੀਂ ਮਿਲ ਰਿਹਾ। ਸਰਕਾਰ ਬੁਨਿਆਦੀ ਸਹੂਲਤਾਂ ਦੇਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ 'ਆਪ' ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ਹਰ ਰੋਜ਼ 2 ਕਰੋੜ ਰੁਪਏ ਇਸ਼ਤਿਹਾਰਾਂ 'ਤੇ ਖਰਚ ਹੋ ਰਹੇ ਹਨ, ਪਰ ਮੁਸੀਬਤ 'ਚ ਫਸੇ ਲੋਕਾਂ ਦੀ ਮਦਦ ਨਹੀਂ ਕੀਤੀ ਜਾ ਰਹੀ। ਰਾਜਾ ਵੜਿੰਗ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਵਿਚ ਜਿਥੇ ਲੋਕਾਂ ਨੂੰ ਮਦਦ ਨਹੀਂ ਮਿਲੀ, ਉਥੇ ਕਾਂਗਰਸ ਉਨ੍ਹਾਂ ਦੀ ਮਦਦ ਕਰੇਗੀ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੀ ਟੀਮ ਵੱਧ ਤੋਂ ਵੱਧ ਮਦਦ ਕਰੇਗੀ।