ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12,710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤਾ ਵਾਅਦਾ ਨਿਭਾਉਣ ਦਾ ਦਾਅਵਾ ਕੀਤਾ ਹੈ। ਅੱਜ ਇੱਥੇ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।