ਭਗਵੰਤ ਮਾਨ ਨੇ ਮਨਪ੍ਰੀਤ ਬਾਦਲ ਬਾਰੇ ਕਰਤਾ ਇੱਕ ਹੋਰ ਵੱਡਾ ਖ਼ੁਲਾਸਾ

Tags

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ।

ਅਸਲ ਵਿਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ਵਿਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ।